
ਨਹਿਰੂ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਦੀ ਫੁੱਲ ਡਰੈਸ ਰਿਹਰਸਲ ਹੋਈ
-ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਰਾਜ ਪੱਧਰੀ ਸਮਾਗਮ ਵਿੱਚ ਲਹਿਰਾਉਣਗੇ ਰਾਸ਼ਟਰੀ ਝੰਡਾ - ਡਿਪਟੀ ਕਮਿਸ਼ਨਰ
ਫ਼ਰੀਦਕੋਟ 13 ਅਗਸਤ(ਨਾਇਬ ਰਾਜ
ਸੁਤੰਤਰਤਾ ਦਿਵਸ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ । ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਸਥਾਨਕ ਨਹਿਰੂ ਸਟੇਡੀਅਮ ਵਿਖੇ ਫੁਲ ਡਰੈਸ ਰਿਹਰਸਲ ਦਾ ਜਾਇਜਾ ਲੈਂਦਿਆਂ ਕੀਤਾ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ । ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਵੀ ਲਈ । ਇਸ ਮੌਕੇ ਡੀ.ਆਈ.ਜੀ ਸ੍ਰੀ ਅਸ਼ਵਨੀ ਕਪੂਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।
ਫੁੱਲ ਡਰੈੱਸ ਰਿਹਰਸਲ ਦੌਰਾਨ ਮਾਰਚ ਪਾਸਟ ਵਿਚ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਐਨ.ਸੀ.ਸੀ ਦੀਆਂ ਟੁੱਕੜੀਆਂ ਨੇ ਹਿੱਸਾ ਲਿਆ। ਇਸ ਤੋਂ ਬਾਅਦ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ.ਸ਼ੋਅ, ਦੇਸ਼ ਭਗਤੀ ਤੇ ਅਧਾਰਿਤ ਕੋਰੀਓਗ੍ਰਾਫ਼ੀ ਤੋਂ ਇਲਾਵਾ ਗਿੱਧੇ ਅਤੇ ਭੰਗੜੇ ਦੀ ਪੇਸ਼ਕਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਮਾਗਮ ਦੌਰਾਨ ਰਾਜ ਦੇ ਵੱਖ ਵੱਖ ਵਿਭਾਗਾਂ ਨੂੰ ਦਰਸਾਉਂਦੀਆਂ ਝਾਕੀਆਂ, ਸੱਭਿਆਚਾਰਕ ਪ੍ਰੋਗਰਾਮ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ।
ਫੁੱਲ ਡਰੈੱਸ ਰਿਹਰਸਲ ਤੋਂ ਬਾਅਦ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਸੁੰਤਤਰਤਾ ਦਿਵਸ ਦੇ ਰਾਜ ਪੱਧਰੀ ਸਮਾਗਮ ਮੌਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਮਾਗਮ ਦੌਰਾਨ ਸਮੂਹ ਵਿਭਾਗ ਆਪੋ-ਆਪਣੇ ਵਿਭਾਗ ਨਾਲ ਸਬੰਧਤ ਡਿਊਟੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਅਤੇ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮਾਗਮ ਲਈ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ । ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਾਫ-ਸਫਾਈ, ਟਰੈਫਿਕ ਵਿਵਸਥਾ ਸੁਚਾਰੂ ਢੰਗ ਨਾਲ, ਪੀਣ ਵਾਲੇ ਪਾਣੀ, ਆਰਜੀ ਪਖਾਨੇ, ਸਟੇਡੀਅਮ ਵਿਖੇ ਡਸਟਬਿਨ ਆਦਿ ਹਰ ਤਰ੍ਹਾਂ ਨਾਲ ਪ੍ਰਬੰਧ ਪੁਖਤਾ ਹੋਣੇ ਚਾਹੀਦੇ ਹਨ ।
ਇਸ ਮੌਕੇ ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਨੇ ਕਿਹਾ ਕਿ ਰਾਜ ਪੱਧਰੀ ਸਮਾਗਮ ਦੇ ਮੱਦੇਨਜ਼ਰ ਕਾਨੂੰਨੀ ਅਤੇ ਸੁਰੱਖਿਆ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਇਸ ਲਈ ਸੀ.ਸੀ.ਟੀ.ਵੀ.ਕੈਮਰਿਆਂ ਦੇ ਨਾਲ-ਨਾਲ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ । ਉਨ੍ਹਾਂ ਲੋਕਾਂ ਤੋਂ ਸਹਿਯੋਗ ਦੀ ਅਪੀਲ ਕੀਤੀ ਅਤੇ ਕਿਹਾ ਕਿ ਜੇਕਰ ਕੋਈ ਵੀ ਸ਼ੱਕੀ ਕਾਰਵਾਈ ਉਨ੍ਹਾਂ ਦੇ ਧਿਆਨ ਵਿੱਚ ਆਉਂਦੀ ਹੈ ਤਾਂ 112 ਤੋ ਫੋਨ ਕਰਕੇ ਸੂਚਿਤ ਕੀਤਾ ਜਾ ਸਕਦਾ ਹੈ ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਸ.ਨਰਭਿੰਦਰ ਸਿੰਘ ਗਰੇਵਾਲ, ਐਸ.ਡੀ.ਐਮ ਫ਼ਰੀਦਕੋਟ ਮੇਜਰ ਵਰੁਣ ਕੁਮਾਰ, ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ,ਐਸ.ਪੀ ਐਚ ਸ. ਮਨਵਿੰਦਰ ਬੀਰ ਸਿੰਘ, ਐਕਸੀਅਨ ਪੀ.ਡਬਲਿਓ.ਡੀ ਸ੍ਰੀ ਨਵੀਨ ਕੁਮਾਰ, ਸੀ.ਡੀ.ਪੀ.ਓ ਰਤਨਦੀਪ ਕੌਰ, ਜ਼ਿਲ੍ਹਾ ਖੇਡ ਅਫ਼ਸਰ ਸ. ਬਲਜਿੰਦਰ ਸਿੰਘ, ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਅੰਜਨਾ ਕੌਸ਼ਲ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਨੀਲਮ ਰਾਣੀ, ਸੈਕਟਰੀ ਰੈਡ ਕਰਾਸ ਸ੍ਰੀ ਮਨਦੀਪ ਮੌਂਗਾ, ਸ੍ਰੀ ਜਸਬੀਰ ਜੱਸੀ ਤੋ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜਰ ਸਨ।